ਚੰਦੀ ਸੁiਰੰਦਰ ਕੌਰ ਦੀ ਸੱਥ !
ਹਉਮੈ ਸਭਾ ਗਣਤ ਹੈ
ਸ੍ਰੀਰਾਗੁ ਮਹਲਾ 3 ॥
ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥
ਗੁਰ ਪਰਸਾਦੀ ਮਨਿ ਵਸੈ ਨਾਮੇ ਰਹੈ ਸਮਾਇ ॥
ਗੁਰ ਸਬਦੀ ਹਰਿ ਪਾਈਐ ਬਿਨੁ ਸਬਦੈ ਭਰਮਿ ਭੁਲਾਇ ॥1॥
ਗੁਰੂ ਦੀ ਸਰਨ ਤੋਂ ਬਿਨਾ, ਜਨਮ-ਮਰਨ ਦਾ ਰੋਗ ਦੂਰ ਨਹੀਂ ਹੁੰਦਾ, ਹਉਮੈ ਦੀ ਪੀੜਾ ਦੂਰ ਨਹੀਂ ਹੁੰਦੀ। ਗੁਰੂ ਦੀ ਕਿਰਪਾ ਨਾਲ, ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਹ ਨਾਮ ਵਿਚ ਹੀ ਟਿਿਕਆ ਰਹਿੰਦਾ ਹੈ। ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਪਰਮਾਤਮਾ ਮਿਲਦਾ ਹੈ, ਗੁਰ-ਸ਼ਬਦ ਤੋੋਂ ਬਿਨਾ ਮਨੁੱਖ ਭਟਕਣਾ ਵਿਚ ਪੈ ਕੇ, ਸਹੀ ਜੀਵਨ-ਰਾਹ ਤੋਂ ਖੁੰਝ ਜਾਂਦਾ ਹੈ।1।
ਮਨ ਰੇ ਨਿਜ ਘਰਿ ਵਾਸਾ ਹੋਇ ॥
ਰਾਮ ਨਾਮੁ ਸਾਲਾਹਿ ਤੂ ਫਿਿਰ ਆਵਣ ਜਾਣੁ ਨ ਹੋਇ ॥1॥ ਰਹਾਉ ॥
ਹੇ ਮੇਰੇ ਮਨ, ਪਰਮਾਤਮਾ ਦੇ ਨਾਮ ਦੀ ਸਿਫਤ-ਸਾਲਾਹ ਕਰਦਾ ਰਹੁ, ਪ੍ਰਭੂ-ਚਰਨਾਂ ਵਿਚ ਤੇਰਾ ਨਿਵਾਸ ਬਣਿਆ ਰਹੇਗਾ, ਤੇ ਮੁੜ ਜਨਮ-ਮਰਨ ਦਾ ਗੇੜ ਨਹੀਂ ਹੋਵੇਗਾ।1।ਰਹਾਉ।
ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ ਕੋਇ ॥
ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ ਸੁਖੁ ਹੋਇ ॥
ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ ਤੈ ਦੇਇ ॥2॥
ਸਭ ਦਾਤਾਂ ਦੇਣ ਵਾਲਾ ਸਿਰਫ ਪਰਮਾਤਮਾ ਹੀ ਸਾਰੀ ਸਮਰਥਾ ਵਾਲਾ ਹੈ, ਉਸ ਵਰਗਾ ਕੋਈ ਹੋਰ ਨਹੀਂ ਹੈ। ਜੇ ਮੈਂ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫਤ-ਸਾਲਾਹ ਕਰਾਂ, ਤਾਂ ਉਹ ਮਨ ਵਿਚ ਆ ਵਸਦਾ ਹੈ, ਤੇ ਸੌਖਿਆਂ ਹੀ ਆਤਮਕ ਆਨੰਦ ਬਣ ਜਾਂਦਾ ਹੈ। ਉਹ ਦਾਤਾਰ ਹਰੀ ਸਾਰੀ ਸ੍ਰਿਸ਼ਟੀ ਨੂੰ ਆਪਣੀ ਮਿਹਰ ਦੀ ਨਜ਼ਰ ਨਾਲ ਵੇਖਦਾ ਹੈ। ਜਿਸ ਨੂੰ ਉਸ ਦੀ ਮਰਜ਼ੀ ਹੋਵੇ, ਉਸ ਨੂੰ ਹੀ ਇਹ ਆਤਮਕ ਆਨੰਦ ਦੇਂਦਾ ਹੈ।2।
ਹਉਮੈ ਸਭਾ ਗਣਤ ਹੈ ਗਣਤੈ ਨਉ ਸੁਖੁ ਨਾਹਿ ॥
ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥
ਬਿਨੁ ਨਾਵੈ ਠਉਰੁ ਨ ਪਾਇਨੀ ਜਮ ਪੁਰਿ ਦੂਖ ਸਹਾਹਿ ॥3॥
ਜਿਥੇ ਹਉਮੈ ਹੈ, ਓਥੇ ਨਿਰੀ ਚਿੰਤਾ ਹੀ ਹੈ, ਚਿੰਤਾ ਨੂੰ ਸੁਖ ਨਹੀਂ ਹੋ ਸਕਦਾ। ਹਉਮੈ ਦੇ ਅਧੀਨ ਰਹਿ ਕੇ ਆਤਮਕ ਮੌਤ ਲਿਆਉਣ ਵਾਲੀ ਵਿਕਾਰਾਂ ਦੀ ਜ਼ਹਰ ਵਾਲੇ ਕੰਮ ਕੀਤਿਆਂ ਜੀਵ ਉਸ ਜ਼ਹਰ ਵਿਚ ਹੀ, ਮਗਨ ਰਹਿੰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਉਹ ਸ਼ਾਨਤੀ ਵਾਲੀ ਥਾਂ ਪ੍ਰਾਪਤ ਨ੍ਹੀਂ ਕਰ ਸਕਦੇ, ਤੇ ਜਮ ਦੇ ਦਰ ਤੇ ਦੁੱਖ ਸਹਿੰਦੇ ਰਹਿੰਦੇ ਹਨ।3।
ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ ॥
ਗੁਰ ਪਰਸਾਦੀ ਬੁਝੀਐ ਤਾ ਪਾਏ ਮੋਖ ਦੁਆਰੁ ॥
ਨਾਨਕ ਨਾਮੁ ਸਲਾਹਿ ਤੂੰ ਅੰਤੁ ਨ ਪਾਰਾਵਾਰੁ ॥4॥24॥57॥
ਜਦੋਂ ਗੁਰੂ ਦੀ ਕਿਰਪਾ ਨਾਲ ਇਹ ਸਮਝ ਆ ਜਾਂਦੀ ਹੈ, ਕਿ ਇਹ ਜਿੰਦ ਤੇ ਇਹ ਸਰੀਰ, ਸਭ ਕੁਝ ਉਸ ਪਰਮਾਤਮਾ ਦਾ ਹੀ ਹੈ ਤੇ ਪਰਮਾਤਮਾ ਦਾ ਹੀ ਸਭ ਜੀਵਾਂ ਨੂੰ ਆਸਰਾ-ਸਹਾਰਾ ਹੈ, ਤਦੋਂ ਜੀਵ ਵਿਕਾਰਾਂ ਤੋਂ ਖਲਾਸੀ ਦਾ ਰਾਹ ਲੱਭ ਲੈਂਦਾ ਹੈ। ਹੇ ਨਾਨਕ, ਉਸ ਪ੍ਰਭੂ ਦੇ ਨਾਮ ਦੀ ਸਿਫਤ-ਸਾਲਾਹ ਕਰਦਾ ਰਹੁ, ਜਿਸ ਦੇ
ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਦੀ ਸਮਰਥਾ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ।4।24।57। (36)