ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਤਿੰਨੋਂ ਹੀ ਪ੍ਰਮੁੱਖ ਸਿਆਸੀ ਧਿਰਾਂ ਦੀ ਜਲਾਲਾਬਾਦ ਤੋਂ ਹੋਵੇਗੀ ਫਸਵੀਂ ਟੱਕਰ
ਤਿੰਨੋਂ ਹੀ ਪ੍ਰਮੁੱਖ ਸਿਆਸੀ ਧਿਰਾਂ ਦੀ ਜਲਾਲਾਬਾਦ ਤੋਂ ਹੋਵੇਗੀ ਫਸਵੀਂ ਟੱਕਰ
Page Visitors: 2548

ਤਿੰਨੋਂ ਹੀ ਪ੍ਰਮੁੱਖ ਸਿਆਸੀ ਧਿਰਾਂ ਦੀ ਜਲਾਲਾਬਾਦ ਤੋਂ ਹੋਵੇਗੀ ਫਸਵੀਂ ਟੱਕਰ

Posted On 18 Jan 2017
8

ਜਲਾਲਾਬਾਦ, 18 ਜਨਵਰੀ (ਪੰਜਾਬ ਮੇਲ)- ਕਾਂਗਰਸ ਵੱਲੋਂ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਉਮੀਦਵਾਰ ਹਨ ਤੇ ਆਮ ਆਦਮੀ ਪਾਰਟੀ ਨੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੈਦਾਨ ‘ਚ ਉਤਾਰਿਆ ਹੈ।
ਸੁਖਬੀਰ ਸਿੰਘ ਬਾਦਲ ਨੇ 12 ਜਨਵਰੀ ਨੂੰ ਹੀ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਸਨ। ਭਗਵੰਤ ਮਾਨ ਅਤੇ ਰਵਨੀਤ ਬਿੱਟੂ ਵੱਲੋਂ 18 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣੇ ਹਨ। ਹਲਕੇ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਆਪਣਾ ਚੋਣ ਪ੍ਰਚਾਰ ਆਰੰਭਿਆ ਹੋਇਆ ਹੈ, ਜਦਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਬਿੱਟੂ ਦਾ ਚੋਣ ਪ੍ਰਚਾਰ ਹਾਲੇ ਸ਼ੁਰੂ ਹੋਣਾ ਹੈ। ਸੁਖਬੀਰ ਬਾਦਲ ਲਈ ਹਰਸਿਮਰਤ ਕੌਰ ਬਾਦਲ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। ਵੱਖ-ਵੱਖ ਪਿੰਡਾਂ ‘ਚ ਚੋਣ ਪ੍ਰਚਾਰ ਦੌਰਾਨ ਇਨ੍ਹਾਂ ਆਗੂਆਂ ਨੂੰ ਲੋਕਾਂ ਵੱਲੋਂ ਇਸ ਹਲਕੇ ‘ਚ ਸਥਾਪਤ ਕੀਤੇ ਇੰਚਾਰਜਾਂ ਦੀ ਮਾੜੀ ਕਾਰਗੁਜ਼ਾਰੀ ਬਾਰੇ ਸੁਣਨਾ ਪੈ ਰਿਹਾ ਹੈ।
ਭਗਵੰਤ ਮਾਨ ਨੇ ਆਪਣਾ ਚੋਣ ਪ੍ਰਚਾਰ ਸਿੱਖਰਾਂ ‘ਤੇ ਪੁਚਾ ਦਿੱਤਾ ਹੈ। ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਚੋਣ ਪ੍ਰਚਾਰ ਕਰ ਰਹੇ ਹਨ ਤੇ ਉਨ੍ਹਾਂ ਦੀਆਂ ਚੋਣ ਮੀਟਿੰਗਾਂ ‘ਚ ਭਰਵਾਂ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਕਾਂਗਰਸੀ ਉਮੀਦਵਾਰ ਰਵਨੀਤ ਬਿੱਟੂ ਨੇ ਹਾਲੇ ਆਪਣੇ ਵਿਰੋਧੀਆਂ ਨੂੰ ਚੁਣੌਤੀ ਦੇਣ ਲਈ ਚੋਣ ਪ੍ਰਚਾਰ ਸ਼ੁਰੂ ਕਰਨਾ ਹੈ। ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਹਲਕਾ ਜਲਾਲਾਬਾਦ ‘ਚ ਕਾਂਗਰਸ ਵੱਲੋਂ ਸ਼੍ਰੀ ਬਿੱਟੂ ਦੇ ਆਉਣ ਨਾਲ ਤਿਕੌਣੇ ਮੁਕਾਬਲੇ ਦੇ ਆਸਾਰ ਬਣ ਗਏ ਹਨ। ਜ਼ਿਕਰਯੋਗ ਹੈ ਕਿ ਤਿੰਨੇ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰ ਹਲਕੇ ਨਾਲ ਸਬੰਧਤ ਨਹੀਂ ਹਨ। ਭਾਰਤੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਕਾਮਰੇਡ ਸੁਰਿੰਦਰ ਢੰਡੀਆਂ ਨੇ ਨਾਮਜ਼ਗੀ ਪੱਤਰ ਦਾਖ਼ਲ ਕਰ ਕੇ ਚੋਣ ਪ੍ਰਚਾਰ ਆਰੰਭਿਆ ਹੋਇਆ ਹੈ। ਹਲਕੇ ‘ਚ ਕੁੱਲ 1 ਲੱਖ 92 ਹਜ਼ਾਰ ਵੋਟਰ ਹਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.