ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸਿੱਧੂ ਨੇ ਕੈਪਟਨ ਸਰਕਾਰ ਵੱਲੋਂ ਪਤਨੀ ਤੇ ਪੁੱਤਰ ਨੂੰ ਦਿੱਤੇ ਅਹੁਦੇ ਛੱਡੇ
Page Visitors: 2336
ਸਿੱਧੂ ਨੇ ਕੈਪਟਨ ਸਰਕਾਰ ਵੱਲੋਂ ਪਤਨੀ ਤੇ ਪੁੱਤਰ ਨੂੰ ਦਿੱਤੇ ਅਹੁਦੇ ਛੱਡੇ
May 26
22:02 2018
ਸ੍ਰੀ ਸਿੱਧੂ ਨੇ ਇਨ੍ਹਾਂ ਨਿਯੁਕਤੀਆਂ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਰਿਵਾਰਕ ਤੌਰ ’ਤੇ ਲਿਆ ਗਿਆ ਫ਼ੈਸਲਾ ਹੈ। ਰਾਜ ਸਰਕਾਰ ’ਚ ਨਿਯੁਕਤੀਆਂ ਹਾਸਲ ਕਰਨ ਵਾਲੇ ਦੋਵਾਂ ਪਰਿਵਾਰਕ ਮੈਂਬਰਾਂ ਨੇ ਇੱਕੋ ਸੁਰ ਵਿੱਚ ਕਿਹਾ ਹੈ ਕਿ ਜੇਕਰ ਇਨ੍ਹਾਂ ਨਿਯੁਕਤੀਆਂ ਨਾਲ ਸਿੱਧੂ ਪਰਿਵਾਰ ’ਤੇ ਕੁਨਬਾਪ੍ਰਸਤੀ ਦੇ ਦੋਸ਼ ਲਗਦੇ ਹਨ ਤਾਂ ਉਹ ਇਹ ਜ਼ਿੰਮੇਵਾਰੀ ਨਹੀਂ ਸਾਂਭਣਗੇ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਸਾਰੇ ਮੈਂਬਰ ਪੰਜਾਬ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ। ਨਵਜੋਤ ਸਿੰਘ ਸਿੱਧੂ ਦੇ ਇਸ ਫ਼ੈਸਲੇ ਨਾਲ ਕੈਪਟਨ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਖਾਸ ਕਰਕੇ ਬਾਦਲ ਪਰਿਵਾਰ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਨੇ ਇਸ ਮੁੱਦੇ ’ਤੇ ਸ੍ਰੀ ਸਿੱਧੂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਸੀ।
ਸ੍ਰੀ ਸਿੱਧੂ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਕੁਝ ਸਿਆਸੀ ਵਿਰੋਧੀਆਂ ਨੇ ਉਨ੍ਹਾਂ ਨੂੰ ਜੇਲ੍ਹ ਭੇਜਣ ਦੀਆਂ ਵਿਉਂਤਾਂ ਬਣਾਈਆਂ ਪਰ ਕਿਸੇ ਨੂੰ ਵੀ ਸਫ਼ਲਤਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਉਨ੍ਹਾਂ ਸਿਆਸਤ ਨੂੰ ਧੰਦੇ ਵਾਂਗ ਨਹੀਂ ਅਪਨਾਇਆ ਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਅਹੁਦਿਆਂ ਦੀ ਭੁੱਖ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਫ਼ੈਸਲਾ ਸਿਰਫ਼ ਉਨ੍ਹਾਂ ਦਾ ਨਹੀਂ, ਬਲਕਿ ਪਤਨੀ ਅਤੇ ਪੁੱਤਰ ਦਾ ਹੀ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਪਰਿਵਾਰਕ ਮੈਂਬਰ ਪੇਸ਼ੇਵਰ ਹਨ। ਕੋਈ ਵਪਾਰ ਜਾਂ ਜ਼ਮੀਨ ਜਾਇਦਾਦ ਨਹੀਂ ਹੈ। ਸਿਆਸਤ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਕੋਈ ਜਾਇਦਾਦ ਨਹੀਂ ਬਣਾਈ ਸਿਰਫ਼ ਅੰਮ੍ਰਿਤਸਰ ਤੇ ਦਿੱਲੀ ਵਿੱਚ ਘਰ ਹੀ ਬਣਾਏ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਉਨ੍ਹਾਂ 2014 ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਛੱਡ ਕੇ ਹਰਿਆਣਾ ਜਾਂ ਦਿੱਲੀ ਤੋਂ ਚੋਣ ਲੜਨ ਲਈ ਨਾਂਹ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਲੋਕ ਸਭਾ ਅਤੇ ਰਾਜ ਸਭਾ ਦੀ ਮੈਂਬਰੀ ਤੋਂ ਵੀ ਅਸਤੀਫ਼ਾ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਤਕਰੀਬਨ ਇੱਕ ਮਹੀਨਾ ਪਹਿਲਾਂ ਪੰਜਾਬ ਗੋਦਾਮ ਨਿਗਮ ਦੀ ਚੇਅਰਪਰਸਨ ਨਿਯੁਕਤ ਕੀਤਾ ਸੀ ਤੇ ਦੋ ਦਿਨ ਪਹਿਲਾਂ ਹੀ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਸ੍ਰੀ ਸਿੱਧੂ ਦੇ ਵਕੀਲ ਪੁੱਤਰ ਕਰਨ ਸਿੱਧੂ ਨੂੰ ਸਹਾਇਕ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਨਿਯੁਕਤ ਕੀਤਾ ਸੀ।