ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਫੂਲਕਾ ਵੱਲੋਂ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਦਾ ਐਲਾਨ
ਫੂਲਕਾ ਵੱਲੋਂ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਦਾ ਐਲਾਨ
Page Visitors: 2330

ਫੂਲਕਾ ਵੱਲੋਂ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਦਾ ਐਲਾਨਫੂਲਕਾ ਵੱਲੋਂ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਦਾ ਐਲਾਨ

February 10
09:49 2019

ਬਰਗਾੜੀ ਕਾਂਡ ’ਤੇ ਸੂਬਾ ਸਰਕਾਰ ਨੂੰ ਕਰਨਗੇ ਸਵਾਲ
ਚੰਡੀਗੜ੍ਹ, 10 ਫਰਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਵਜੋਂ ਅਸਤੀਫ਼ਾ ਦੇ ਚੁੱਕੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਇੱਥੇ ਕਿਹਾ ਕਿ ਉਹ ਅਸਤੀਫ਼ਾ ਵਾਪਸ ਨਹੀਂ ਲੈਣਗੇ, ਪਰ 12 ਫਰਵਰੀ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਜ਼ਰੂਰ ਸ਼ਾਮਲ ਹੋਣਗੇ ਕਿਉਂਕਿ ਸਪੀਕਰ ਨੇ ਹਾਲੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ। ਸ੍ਰੀ ਫੂਲਕਾ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤਾਂ ਉਨ੍ਹਾਂ ‘ਆਪ’ ਤੋ ਵੀ ਅਸਤੀਫ਼ਾ ਦੇ ਦਿੱਤਾ ਹੈ। ਇਸ ਲਈ ਵਿਧਾਇਕ ਵਜੋਂ ਅਸਤੀਫ਼ਾ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸ੍ਰੀ ਫੂਲਕਾ ਨੇ ਕਿਹਾ ਕਿ ਉਹ ਭਾਜਪਾ ਜਾਂ ਹੋਰ ਕਿਸੇ ਸਿਆਸੀ ਧਿਰ ਵਿਚ ਸ਼ਾਮਲ ਨਹੀਂ ਹੋਣਗੇ ਤੇ ਫ਼ਿਲਹਾਲ ਉਨ੍ਹਾਂ ਦੀ ਪਹਿਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚੋਂ ਬਾਦਲਾਂ ਦਾ ਸਿਆਸੀ ਗਲਬਾ ਖਤਮ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੰਤਰੀਆਂ ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਮਨਪ੍ਰੀਤ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਚੰਨੀ ਕੋਲੋਂ ਬਰਗਾੜੀ ਗੋਲੀ ਕਾਂਡ ਬਾਰੇ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਕੀਤੇ ਵਾਅਦਿਆਂ ਤੋਂ ਭੱਜਣ ਸਬੰਧੀ ਸਵਾਲ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਕਾਰਵਾਈ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਅੱਜ ਤੱਕ ਇਸ ਬਾਰੇ ਕੁੱਝ ਨਹੀਂ ਕੀਤਾ ਗਿਆ।
ਸ੍ਰੀ ਫੂਲਕਾ ਨੇ ਕਿਹਾ ਕਿ ਉਹ ਸੈਸ਼ਨ ਵਿਚ ਸੰਨ 1986 ਵਿਚ ਨਕੋਦਰ ’ਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਘਟਨਾ ਵਿਰੁੱਧ ਰੋਹ ਪ੍ਰਗਟਾਉਂਦੇ ਸਿੱਖਾਂ ’ਤੇ ਗੋਲੀ ਚਲਾਉਣ ਕਾਰਨ ਹੋਈਆਂ ਚਾਰ ਮੌਤਾਂ ਦਾ ਮਾਮਲਾ ਵੀ ਚੁੱਕਣਗੇ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਪੜਤਾਲ ਦੀ ਰਿਪੋਰਟ 1987 ਵਿਚ ਹੀ ਦੇ ਦਿੱਤੀ ਗਈ ਸੀ, ਪਰ 32 ਸਾਲਾਂ ਬਾਅਦ ਵੀ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਬੜੇ ਭੇਤਭਰੇ ਢੰਗ ਨਾਲ ਗੁਰਦੁਆਰਾ ਚੋਣ ਕਮਿਸ਼ਨ ਲਈ ਚੀਫ਼ ਕਮਿਸ਼ਨਰ ਦੀ ਨਿਯੁਕਤੀ ਕਰਨ ਬਾਰੇ ਵੀ ਚੁੱਪ ਹੈ। ਸ੍ਰੀ ਫੂਲਕਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕਾ ਦਾਖਾ ਵਿਚ ਚਲਾਈ ਮੋਬਾਈਲ ਡਿਸਪੈਂਸਰੀ ਦੀ ਤਰਜ਼ ’ਤੇ ਸਰਕਾਰ ਨੇ ਹੋਰ ਅਜਿਹੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ, ਪਰ ਇਸ ਸਬੰਧੀ ਅਜੇ ਤੱਕ ਕੋਈ ਸਰਵੇਖਣ ਨਹੀਂ ਕੀਤਾ ਗਿਆ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.