ਕੈਟੇਗਰੀ

ਤੁਹਾਡੀ ਰਾਇ



ਗੁਰਤੇਜ ਸਿੰਘ ( IAS )
2 ਮਾਰਚ, ਸਿਰਦਾਰ ਕਪੂਰ ਸਿੰਘ ਨੂੰ ਜਨਮ-ਦਿਨ ਤੇ ਯਾਦ ਕਰਦਿਆਂ
2 ਮਾਰਚ, ਸਿਰਦਾਰ ਕਪੂਰ ਸਿੰਘ ਨੂੰ ਜਨਮ-ਦਿਨ ਤੇ ਯਾਦ ਕਰਦਿਆਂ
Page Visitors: 2686

2 ਮਾਰਚ, ਸਿਰਦਾਰ ਕਪੂਰ ਸਿੰਘ ਨੂੰ ਜਨਮ-ਦਿਨ ਤੇ ਯਾਦ ਕਰਦਿਆਂ
ਗੁਰਤੇਜ ਸਿੰਘ,ਸਾਬਕਾ ਆਈ.ਏ.ਐਸ.
ਜਾਪਦਾ ਹੈ ਕਿ ਸਿਰਦਾਰ ਕਪੂਰ ਸਿੰਘ ਦੀ ਸ਼ਖ਼ਸੀਅਤ ਨੂੰ ਵਿਧਾਤਾ ਨੇ ਬੜੀ ਨੀਝ ਨਾਲ ਘੜ ਕੇ ਮਨੁੱਖੀ ਉੱਤਮਤਾਈ ਦੇ ਕਈ ਗੁਣਾਂ ਨਾਲ ਸ਼ਿੰਗਾਰਿਆ ਸੀ। ਇੱਕ ਦਰਮਿਆਨੇ ਕੱਦ ਦੇ ਮਨੁੱਖੀ ਸਰੀਰ ਵਿੱਚ ਵੱਡੇ ਬੌਧਿਕ ਗੁਣਾਂ ਨੂੰ ਸਮਾ ਕੇ, ਓਸ ਉੱਤੇ ਅਨਿੰਨ ਸ਼ਰਧਾ ਦਾ ਲੇਪ ਕਰ ਕੇ ਐਸਾ ਪੁਤਲਾ ਗੁਰੂ ਨੇ ਸਾਜਿਆ ਜੋ ਸਿੱਖੀ ਦਾ ਮਹਾਨ ਥੰਮ੍ਹ ਅਤੇ ਮਨੁੱਖਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ। ਓਸ ਨੇ ਇੱਕ ਹੱਥੀਂ ਵਾਹੀ ਕਰਦੇ ਮੱਧਵਰਗੀ ਪਰਿਵਾਰ ਵਿੱਚੋਂ ਸ਼ੁਰੂ ਕਰ ਕੇ ਆਈ. ਸੀ. ਐਸ. ਅਤੇ ਸੰਸਦ ਮੈਂਬਰ ਤੱਕ ਦਾ ਰੰਗੀਨ ਸਫ਼ਰ ਬੜੀ ਸਜ-ਧਜ ਨਾਲ, ਪੂਰਣ ਸੰਜੀਦਗੀ ਨਾਲ ਸੰਪੰਨ ਕੀਤਾ। ਹਿੱਸੇ ਆਈ ਗੁੰਮਨਾਮੀ ਅਤੇ ਇਕੱਲ ਨੂੰ ਵੀ ਬੜੇ ਸਹਿਜ ਨਾਲ, ਬੜੇ ਧੀਰਜ ਨਾਲ, ਪੂਰਨ ਸਿਦਕ ਨਾਲ ਹੰਢਾਇਆ। ਆਖ਼ਰ ਉਹ ਸਿੱਖ ਸੋਚਵਾਨਾਂ ਲਈ ਵੱਡਾ ਉਤਸ਼ਾਹ ਦਾ ਸੋਮਾ ਬਣ ਗਿਆ।
ਵਿਦਿਆਰਥੀ ਜੀਵਨ ਤੋਂ ਸ਼ੁਰੂ ਹੋ ਕੇ ਪੜਚੋਲ ਕਰਨ ਦੀ ਬਿਬੇਕ ਅਤੇ ਅਣਥੱਕ ਮਿਹਨਤ ਰਾਹੀਂ ਹਰ ਮਸਲੇ ਦੀ ਡੂੰਘਾਈ ਤੱਕ ਪੜਤਾਲ ਕਰਨ ਦਾ ਉਸ ਦਾ ਸੁਭਾਅ ਤੋੜ ਨਿਭਿਆ। ਕੋਈ ਨਾਜਾਇਜ਼ ਝੇਪ, ਕਿਸੇ ਦੁਨਿਆਵੀ ਸ਼ਕਤੀ ਦਾ ਭਉ ਓਸ ਨੂੰ ਗੁਰੂ ਦੇ ਰਾਹ ਉੱਤੋਂ ਵਿਚਲਿਤ ਨਾ ਕਰ ਸਕਿਆ। ਜ਼ਿੰਦਗੀ ਦੇ ਹਰ ਪੜਾਅ ਦੇ ਧਰਮ ਨੂੰ ਬਖ਼ੂਬੀ ਨਿਭਾਉਣਾਂ ਓਸ ਤੋਂ ਸਿੱਖਣਾ ਬਣਦਾ ਹੈ। ਇਨਸਾਨੀ ਜੀਵਨ ਦੀ ਬਿਹਤਰੀ ਦੀਆਂ ਸਿਖਰਾਂ ਨੂੰ ਛੁਹਣ ਦੇ ਓਸ ਕੋਲ ਕਈ ਗੁਰ ਸਨ। ਓਸ ਦੀ ਸ਼ਖ਼ਸੀਅਤ ਦੇ ਅਨੇਕਾਂ ਪਹਿਲੂ ਹਨ ਜਿਨ੍ਹਾਂ ਨੇ ਉਸ ਪ੍ਰਤੀ ਲੋਕ-ਮਨਾਂ ਵਿੱਚ ਅਸਾਧਾਰਣ ਸਨੇਹ ਅਤੇ ਸਤਿਕਾਰ ਪੈਦਾ ਕੀਤਾ।
ਏਹੋ ਸਨੇਹ ਉਹਨਾਂ ਦੇ ਤੁਰ ਜਾਣ ਤੋਂ ਢਾਈ ਦਹਾਕੇ ਬਾਅਦ ਵੀ ਲੋਕ-ਮਨਾਂ ਵਿੱਚ ਅਜੇ ਤੱਕ ਓਸੇ ਤੀਬਰਤਾ ਨਾਲ ਮੌਜੂਦ ਹੈ।
ਉਹ ਮਹਾਂ-ਤਿਆਗੀ ਤੱਤ-ਵੇਤਾ ਮੁੱਢਲੇ ਸੁਭਾਉ ਪੱਖੋਂ ਫ਼ਕੀਰੀ ਦੀ ਚਰਮ ਸੀਮਾ ਤੱਕ ਸੰਸਾਰਕ ਰਹਿਮਤਾਂ ਵੱਲੋਂ ਬੇ-ਨਿਆਜ਼ ਸੀ। ਸਾਰੀ ਉਮਰ ਉਹ ਮਹਾਂ-ਚੇਤੰਨ ਜਗਿਆਸੂ ਰਿਹਾ ਅਤੇ ਜੋ ਵੀ ਵਸਤੂ ਓਸ ਨੂੰ ਆਪੇ ਚੁਣੇ ਅਧਿਆਤਮਕ ਰਾਹ ਉੱਤੋਂ ਵਿਚਲਿਤ ਕਰਦੀ ਜਾਪੀ ਓਸ ਨੇ ਤੁਰੰਤ ਹੇਚ ਜਾਣ ਕੇ ਤਿਆਗ ਦਿੱਤੀ।
ਸਿਰਦਾਰ ਵਿੱਚ ਮਨੁੱਖੀ ਜੀਵਨ ਦੇ ਮਸਲਿਆਂ ਅਤੇ ਬੌਧਿਕ ਆਲਮ ਦੇ ਗੂੜ੍ਹ ਰਹੱਸ ਸਮਝਣ ਦੀ ਅਸਾਧਾਰਣ ਸਮਰੱਥਾ ਸੀ; ਉਹਨਾਂ ਦੀ ਖੁੱਲ੍ਹੀ ਵਿਆਖਿਆ ਕਰ ਸਕਣ ਦੀ ਅਮੁੱਕ ਦਲੇਰੀ ਸੀ। ਜਦੋਂ ਉਹ ਆਪਣੇ ਵਿਚਾਰਾਂ ਨੂੰ ਸਜੀਵ ਲਫ਼ਜ਼ਾਂ, ਸੰਕਲਪਾਂ, ਇਤਿਹਾਸਕ ਹਵਾਲਿਆਂ, ਸਾਹਿਤਕ ਬਿੰਬਾਵਲੀ, ਰੋਜ਼ਮੱਰਾ ਜੀਵਨ ਦੀਆਂ ਤਸ਼ਬੀਹਾਂ, ਮੁੱਢਲੇ ਫ਼ਲਸਫ਼ੇ ਅਤੇ ਸਮਕਾਲੀ ਮਨੁੱਖ ਦੇ ਸਰੋਕਾਰਾਂ ਨਾਲ ਸਜਾ, ਸੰਵਾਰ, ਸ਼ਿੰਗਾਰ ਕੇ ਪੇਸ਼ ਕਰਦਾ ਸੀ ਤਾਂ ਸੁਣਨ ਵਾਲਿਆਂ ਦੇ ਮਨ ਵਿੱਚ ਇੱਕ ਅਤਿਅੰਤ ਆਸ਼ਾਵਾਦੀ ਜਿਊਂਦਾ-ਜਾਗਦਾ ਸੰਸਾਰ ਸਿਰਜਿਆ ਜਾਂਦਾ ਸੀ। ਹਵਾਵਾਂ ਕੰਨ ਧਰ ਕੇ ਓਸ ਨੂੰ ਸੁਣਦੀਆਂ ਸਨ ਅਤੇ ਹਨੇਰੀਆਂ ਦਾਦ ਦੇਣ ਲਈ ਘੜੀ ਦੋ ਘੜੀ ਥੰਮ੍ਹ ਜਾਂਦੀਆਂ ਸਨ। ਹਰ ਸ੍ਰੋਤਾ ਸਿਰਦਾਰ ਦੇ ਹਾਣ ਦੀ ਸਮਝ ਨਾਲ ਚਰਚਿਤ ਮਸਲਿਆਂ ਨੂੰ ਵਿਚਾਰਣ ਦੇ ਕਾਬਲ ਹੋ ਜਾਂਦਾ ਸੀ। ਸਾਧਾਰਣ ਪੇਂਡੂ ਜਨਤਾ ਤੋਂ ਲੈ ਕੇ ਉੱਚਤਮ ਵਿੱਦਿਅਕ ਸੰਸਥਾਵਾਂ ਵਿੱਚ ਬੈਠੇ ਧੁਰੰਦਰ ਵਿਚਾਰਵਾਨ ਓਸ ਦੇ ਤਰਕ ਦੇ ਕਾਇਲ ਹੋ ਜਾਂਦੇ ਸਨ।
ਕੌਮੀ ਮਸਲਿਆਂ ਉੱਤੇ ਤਰਕ-ਸੰਗਤ, ਮੁੱਢੋਂ ਨਿਰੁੱਤਰ ਕਰਨ ਵਾਲੀ ਬਹਿਸ ਦਾ ਉਹ ਮਾਹਿਰ ਸੀ।
 ਏਸ ਵੱਡੇ ਪ੍ਰਤਿਭਾਸ਼ਾਲੀ ਗੁਣ ਦੀ ਓਸ ਨੇ ਵਿਧਾਨ ਸਭਾ, ਲੋਕ ਸਭਾ ਵਿੱਚ ਖ਼ੂਬ ਵਰਤੋਂ ਕੀਤੀ। ਰਣ-ਤੱਤੇ ਵਿੱਚ ਨੰਗੇ ਧੜ ਜੂਝਦੇ ਸੂਰਮਿਆਂ ਵਾਂਗ ਓਸ ਨੇ ਸੱਚਾਈ ਦਾ ਪੱਖ ਪੇਸ਼ ਕੀਤਾ। ਉਸ ਦੇ ਅਨੇਕਾਂ ਐਸੇ ਵਿਆਖਿਆਨ ਹਨ ਜਿਨ੍ਹਾਂ ਦੇ ਉੱਤਰ ਦੇਣ ਦੀ ਕਿਸੇ ਨੇ ਜੁਰਅਤ ਨਾ ਕੀਤੀ। ‘ਸਿੱਖਾਂ ਨਾਲ ਵਿਸਾਹਘਾਤ’ ਵਾਲਾ ਉਹਨਾਂ ਦਾ ਲੋਕ ਸਭਾ ਦਾ ਪ੍ਰਵਚਨ, ਜਿਸ ਵਿੱਚ ਭਾਰਤ ਦੀ ‘ਹਜ਼ਾਰਾਂ ਸਾਲ ਪੁਰਾਣੀ’ ਸ਼੍ਰੋਮਣੀ ਸਮਝੀ ਜਾਂਦੀ ਸੱਭਿਅਤਾ ਦੀ ਤਰਕਯੁਕਤ ਅਤੇ ਅਤਿਅੰਤ ਕਰੜੀ ਨਿਖੇਧੀ ਸੀ, ਨੂੰ ਵੀ ਵੱਡੇ ਨੀਤੀਵੇਤਾ ਸ਼ੀਰੇ ਮਾਦਰ ਸਮਝ ਕੇ ਡਕਾਰ ਗਏ; ਕਿਸੇ ਇੱਕ ਤਰਕ ਨੂੰ ਵੀ ਝੂਠਾ ਸਾਬਤ ਨਾ ਕਰ ਸਕੇ। ਨੀਵੀਂ ਪਾ ਕੇ ਘੋਰ ਨਮੋਸ਼ੀ ਦੇ ਸਮੁੰਦਰ ਵਿੱਚ ਗਰਕ ਹੋ ਕੇ ਸੁਣਦੇ ਰਹੇ। ਇੱਕ ਅੱਧ ਸੜਕਛਾਪ ਨੁਮਾ ਐਮ. ਪੀ. ਨੇ ਘਟੀਆ ਟਿੱਚਰ ਕਰਨ ਦੀ ਜੁਰਅਤ ਕਰ ਕੇ ਕੇਵਲ ਆਪਣੀ ਕੌਮ ਦੇ ਬੌਧਿਕ ਦਿਵਾਲੀਏਪਣ ਦਾ ਐਲਾਨ ਹੀ ਕੀਤਾ।
ਕਹਿਣ ਦੀ ਲੋੜ ਨਹੀਂ ਕਿ ਸਿੱਖੀ ਵਿੱਚ ਉਸ ਦਾ ਪ੍ਰਪੱਕ, ਅਹਿੱਲ ਯਕੀਨ ਸੀ।
 ਗੁਰੂ ਸਾਹਿਬਾਨ ਦੀ ਬਾਣੀ ਅਤੇ ਇਤਿਹਾਸ ਓਸ ਲਈ ਸਦਾ ਜੀਵਨ ਦੇ ਪ੍ਰੇਰਨਾ-ਸ੍ਰੋਤ ਬਣੇ ਰਹੇ। ਆਮ ਗੱਲਬਾਤ ਵਿੱਚ ਵੀ ਉਹ ਗੁਰੂ ਦਾ ਨਾਂਅ ਜ਼ੁਬਾਨ ਉੱਤੇ ਆਉਂਦਿਆਂ ਹੀ ਮੋਮ ਵਾਂਗ ਢਲ ਕੇ ਆਪਣੇ ਤਸੱਵਰ ਵਿੱਚ ਗੁਰੂ-ਚਰਨਾਂ ਨਾਲ ਲਿਪਟ ਜਾਂਦਾ ਸੀ। ਓਸ ਦੀ ਤੱਕਣੀ ਅਤੇ ਆਵਾਜ਼ ਵੀ ਬਦਲ ਜਾਂਦੀ, ਸੁਣਨ ਵਾਲੇ ਉੱਤੇ ਚੁੱਪੀ ਵਰਤ ਜਾਂਦੀ ਅਤੇ ਉਹ ਮਹਿਫ਼ਲ ਵਿੱਚ ਗੁਰੂ ਦੀ ਆਮਦ ਦੀ ਖੁਸ਼ਬੋ ਨੂੰ ਸੁੰਘਣ ਯੋਗ ਹੋ ਜਾਂਦਾ। ਕਈ ਵਾਰ ਵਜਦ ਵਿੱਚ ਆ ਕੇ ਭਾਈ ਸੰਤੋਖ ਸਿੰਘ ਦਾ,
 ”ਹਰਗੋਬਿੰਦ ਨੰਦਨ, ਨੰਦਨ ਕੋ ਅਭੀਬੰਦਨ ਕੈ ਪਦ ਜੇ ਅਰਬਿੰਦੂ। ਦੁੱਖ ਦੁੰਦ ਨਿਕੰਦਨ ਆਨੰਦ ਕੰਦ ਮੁਕੰਦ …” ਨੂੰ ਗੁਣਗੁਣਾਉਣ ਲੱਗ ਪੈਂਦਾ।
ਬਾਅਦ ਵਿੱਚ ਮੈਂ ਇਹੋ ਖੂਬੀ ਅਤੇ ਏਸੇ ਕਿਸਮ ਦਾ ਵਤੀਰਾ ਅਤੇ ਹਾਵ-ਭਾਵ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗੱਲਬਾਤ ਵਿੱਚ ਮਹਿਸੂਸ ਕੀਤੇ।
ਅਨੇਕਾਂ ਬੋਲੀਆਂ ਦਾ ਭਰਪੂਰ ਗਿਆਨ,
 ਧਰਮ ਦੀ ਸੋਝੀ, ਕਾਦਰ ਦੀ ਕੁਦਰਤ ਨਾਲ ਵਿਸ਼ਾਲ (ਸਭ ਕਾਸੇ ਨੁੰ ਗਲਵੱਕੜੀ ਵਿਚ ਲੈਣ ਵਾਲਾ) ਪਿਆਰ, ਫ਼ਲਸਫ਼ੇ ਦੀ ਪਿੱਠਭੂਮੀ, ਦੂਜੇ ਜਹਾਨ ਨਾਲ ਲਗਾਤਾਰ ਸਬੰਧ ਬਣਾਈ ਰੱਖਣ ਦੀ ਤਿੱਖੀ ਚਾਹ, ਗੁਰੂ-ਸੇਵਾ ਵਿੱਚ ਸਦਾ ਤਤਪਰ ਰਹਿਣ ਦੀ ਤੀਬਰ ਲਾਲਸਾ ਦਾ ਮੁੱਖ ਮੰਤਵ - ਜਦ ਇਹ ਸਭ ਮਿਲ ਕੇ ਸਿਆਹੀ ਸਿਰਜਦੇ ਸਨ ਤਾਂ ਸਿਰਦਾਰ ਦੇ ਵਾਕ ਅਤੇ ਲੇਖ ਬਣਦੇ ਸਨ। ਹਰ ਲਫ਼ਜ਼ ਵਿੱਚ ਸੱਚੀ ਟਕਸਾਲ ਦੇ ਅਹਿਰਣ ਉੱਤੇ ਘੜੇ ਹੋਏ ਸਿੱਕੇ ਦੀ ਟੁਣਕਾਰ ਹੁੰਦੀ ਸੀ। ਹਰ ਲੇਖ ਵਿੱਚ ਟਿਕਾਣੇ ਦੀ ਗੱਲ ਹੁੰਦੀ ਸੀ ਅਤੇ ਉਹ ਹਰ ਲੇਖ ਨੂੰ ਸਿਰੇ ਲਾਉਣ ਤੱਕ ਸਿਰਜਣ ਪ੍ਰਕਿਰਿਆ ਵਿੱਚ ਰੁੱਝਾ ਰਹਿੰਦਾ ਸੀ।
ਅਲਪ ਬੁੱਧੀ, ਖਰੜ ਗਿਆਨੀਆਂ, ਸਿਆਸੀ ਨੌਸਰਬਾਜ਼ਾਂ, ਵਿਹਲੜ ਘੁਣਤਰੀ ਵਿਤੰਡਾਵਾਦੀਆਂ, ਆਪਣੀ ਹਉਮੈ ਦੀ ਦਲਦਲ ਵਿੱਚ ਗਲ ਤੱਕ ਖੁਭੇ, ਆਪਣੀ ਆਵਾਜ਼ ਦੇ ਆਪੇ ਮੋਹੇ ਗਾਲੜੀਆਂ ਨੂੰ ਓਸ ਦਾ ਸੁਭਾਅ ਅੱਖੜ ਲੱਗਦਾ ਸੀ ਪ੍ਰੰਤੂ ਜਗਿਆਸੂਆਂ, ਸ਼ਰਧਾਵਾਨਾਂ ਦੀ ਝੋਲੀ ਓਸ ਦੇ ਦਰ ਤੋਂ ਜ਼ਰੂਰ ਬੇਸ਼ਕੀਮਤੀ ਮੋਤੀਆਂ ਦੀ ਖ਼ੈਰ ਪੈਂਦੀ ਸੀ।
ਮੈਂ ਕਦੇ ਗੁਰੂ ਬਿਨਾਂ ਕਿਸੇ ਮਨੁੱਖ ਨੂੰ ਆਪਣਾ ਪੀਰ ਨਹੀਂ ਜਾਣਿਆ, ਪਰ ਜਦੋਂ ਡੌਕਟਰ ਗਰੇਵਾਲ ਨੇ ਇੱਕ ਸਭਾ ਵਿੱਚ ਮੈਨੂੰ ਸਿਰਦਾਰ ਦਾ ‘ਚੇਲਾ’ ਦੱਸਿਆ ਤਾਂ ਮੈਂ ਖਿੜੇ ਮੱਥੇ ਏਸ ਤਖੱਲਸ ਨੂੰ ਪੁੱਠੇ ਕੌਮਿਆਂ ਵਿੱਚ ਰੱਖ ਕੇ ਪ੍ਰਵਾਨ ਕਰ ਲਿਆ। ‘ਚੇਲਾ’ ਤਾਂ ਮੈਂ ਨਹੀਂ ਸਾਂ, ਨਾ ਹੀ ਅੱਜ ਹਾਂ (ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ॥ ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ॥) ਪਰ ਓਸ ਸਭਾ ਵਿੱਚ ਏਸ ਨੁਕਤੇ ਉੱਤੇ ਇਤਰਾਜ਼ ਜਤਾਉਣ ਨਾਲ ਸਿਰਦਾਰ ਦੀ ਹੇਠੀ ਹੁੰਦੀ ਸੀ ਜੋ ਨਾ-ਕਾਬਲੇ-ਬਰਦਾਸ਼ਤ ਸੀ। ਉਂਝ ਵੀ ਓਸ ਬੇਪਰਵਾਹ ਫ਼ਕੀਰ ਦਾ ਚੇਲਾ ਹੋਣਾ ਕਿਸੇ ਵਾਸਤੇ ਵੀ ਮਾਣ-ਵਰਧਕ ਸੰਕਲਪ ਹੈ।
ਇੱਕ ਦਿਨ ਸਿਰਦਾਰ ਆਉਣ ਵਾਲੇ ਸਮੇਂ ਦੇ ਇਸ਼ਾਰਿਆਂ ਦਾ ਵਿਸ਼ਲੇਸ਼ਣ ਕਰ ਰਿਹਾ ਸੀ। ਪਰਲ ਬੱਕ ਦੀ ਕਿਤਾਬ ਗੁੱਡਅਰਥ ਦਾ ਇੱਕ ਦ੍ਰਿਸ਼ਟਾਂਤ ਓਸ ਦੀ ਯਾਦਗਾਰ ਵਿੱਚ ਉੱਭਰਿਆ। ‘ਚੀਨ ਦਾ ਮਾਤਮ’ ਅਖਵਾਉਂਦਾ ਦਰਿਆ ਸਭ ਮਰਿਯਾਦਾਵਾਂ ਤੋੜ ਕੇ ਕਿਨਾਰਿਆਂ ਤੋਂ ਬਾਹਰ ਵਗਣ ਲੱਗ ਪਿਆ। ਨੇੜੇ-ਤੇੜੇ ਵੱਸਦੇ ਸਭ ਕਿਸਾਨ ਉੱਜੜ-ਪੁੱਜੜ ਗਏ। ਕੁਝ ਕੁ ਥੋੜ੍ਹਾ-ਬਹੁਤ ਜ਼ਰੂਰੀ ਸਮਾਨ ਬਚਾਉਣ ਵਿੱਚ ਕਾਮਯਾਬ ਹੋਏ। ਇੱਕ ਅਜਿਹੇ ਕਿਸਾਨ ਨੇ ਸਮਾਨ ਦੀ ਵਹਿੰਗੀ ਮੋਢਿਆਂ ਉੱਤੇ ਰੱਖ ਕੇ ਸੁੱਕੀ ਜ਼ਮੀਨ ਵੱਲ ਚਾਲੇ ਪਾ ਦਿੱਤੇ। ਸਾਰੇ ਸਮਾਨ ਤੋਂ ਉੱਤੇ, ਸਭ ਤੋਂ ਮਹਿਫ਼ੂਜ਼ ਕਰ ਕੇ ਓਸ ਨੇ ਮਿੱਟੀ ਦੀ ਇੱਕ ਕੁੱਜੀ ਰੱਖੀ। ਬੜੀ ਸਾਂਭ-ਸੰਭਾਲ ਨਾਲ ਉਹ ਓਸ ਦਾ ਖਿਆਲ ਰੱਖ ਰਿਹਾ ਸੀ। ਕਿਸੇ ਵੇਖਣ ਵਾਲੇ ਨੇ ਪੁੱਛਿਆ ਤਾਂ ਓਸ ਨੇ ਕਿਹਾ, ‘ਏਸ ਵਿੱਚ ਬੀਅ ਹੈ। ਦਰਿਆ ਤਬਾਹੀ ਕਰ ਕੇ ਥੱਕ ਜਾਵੇਗਾ, ਆਪਣੀ ਮਰਿਯਾਦਾ ਨੂੰ ਯਾਦ ਕਰ ਕੇ ਆਪਹੁਦਰੀਆਂ ਬੰਦ ਕਰ ਦੇਵੇਗਾ ਅਤੇ ਮੁੜ ਕੇ ਕਿਨਾਰਿਆਂ ਤੋਂ ਹੇਠਾਂ ਹੋ ਕੇ ਵਗਣ ਲੱਗੇਗਾ। ਮੇਰੀ ਧਰਤੀ ਏਸ ਦੀ ਗਰਿਫ਼ਤ ਵਿੱਚੋਂ ਮੁਕਤ ਹੋ ਕੇ ਫੇਰ ਮੇਰਾ ਭੁੱਖਾ ਢਿੱਡ ਭਰਨਾ ਲੋਚੇਗੀ ਤਾਂ ਓਸ ਵੇਲੇ ਮੈਂ ਇਹ ਬੀਅ ਏਸ ਵਿੱਚ ਬੀਜਾਂਗਾ। ਭਰਪੂਰ ਫ਼ਸਲਾਂ ਹੋਣਗੀਆਂ। ਅਸੀਂ ਸਾਰਾ ਪਰਿਵਾਰ ਰਲ ਕੇ ਖਾਵਾਂਗੇ ਅਤੇ ਵਾਧੂ ਅਨਾਜ ਜਾਨਵਰਾਂ, ਦੂਜੇ ਭੁੱਖੇ ਲੋਕਾਂ ਦੇ ਕੰਮ ਆਵੇਗਾ।’
ਸਿਰਦਾਰ ਕਹਾਣੀ ਸੁਣਾ ਕੇ ਆਖਣ ਲੱਗਾ, ”ਆਉਣ ਵਾਲੇ ਸਮਿਆਂ ਵਿੱਚ ਸਿੱਖੀ ਉੱਤੇ ਅਨੇਕਾਂ ਮਾਰੂ ਹਮਲੇ ਹੋਣਗੇ। ਕਿਸੇ ਵੇਲੇ ਸਭ ਕੁਝ ਰੁੜ੍ਹ ਗਿਆ ਜਾਪੇਗਾ। ਅਸੁਰੀ ਸ਼ਕਤੀਆਂ ਸਭ ਕੁਝ ਨਿਗ਼ਲ ਜਾਣਗੀਆਂ। ਓਸ ਵੇਲੇ ਵਿਚਲਿਤ ਨਹੀਂ ਹੋਣਾ। ਗੁਰੂ ਭਰੋਸੇ ਚੰਗੇ ਦਿਨਾਂ ਦੀ ਆਮਦ ਦੀ ਆਸ ਟੁੱਟਣ ਨਹੀਂ ਦੇਣੀ। ਅਸਲ ਸਿੱਖੀ ਦੇ ਬੀਅ ਨੂੰ ਘੁੱਟ ਕੇ ਗਲ਼ ਨਾਲ ਲਾਈ ਰੱਖਣਾ। ਬੀਅ ਵਿੱਚ ਬੜੀ ਸ਼ਕਤੀ ਹੈ। ਮਿਸਰ ਦੀਆਂ ਪਿਰਾਮਿਡਾਂ ਵਿੱਚੋਂ ਬੀਅ ਮਿਲੇ ਹਨ ਜੋ ਬੀਜਦਿਆਂ ਸਾਰ ਹੀ ਪੌਦੇ-ਪੇੜ ਬਣ ਗਏ। ਦਰਿਆ ਦੇ ਕਹਿਰ ਤੋਂ ਬਾਅਦ ਧਰਤੀ ਹੋਰ ਉਪਜਾਊ ਹੋ ਜਾਵੇਗੀ। ਸੂਰਜ ਨਵਾਂ ਜੀਵਨ ਲੈ ਕੇ ਰੌਸ਼ਨੀ ਬਿਖੇਰੇਗਾ, ਓਸ ਬੀਅ ਨੂੰ ਦੁਬਾਰੇ ਬੀਜ ਦੇਣਾ। ਉਹ ਸਿੱਖੀ ਦੀ ਨਵੀਂ ਫ਼ਸਲ ਪੈਦਾ ਕਰੇਗਾ। ਛੋਟੇ-ਛੋਟੇ ਬੀਆਂ ਤੋਂ ਹੀਂ ਵੱਡੇ-ਵੱਡੇ ਦਰਖਤ ਬਣਦੇ ਹਨ, ਜੋ ਪਸ਼ੂ-ਪੰਖੀਆਂ ਦਾ ਆਸਰਾ ਅਤੇ ਮਨੁੱਖ ਨੂੰ ਛਾਂ ਪ੍ਰਦਾਨ ਕਰਨ ਦੇ ਕਾਬਲ ਹੁੰਦੇ ਹਨ। ਏਸ ਲਈ ਸੰਕਟ ਸਮੇਂ ਸਭ ਤੋਂ ਵੱਧ ਸਾਂਭਣ ਵਾਲੀ ਵਸਤੂ ਬੀਅ ਹੀ ਹੁੰਦਾ ਹੈ।”
ਪੇਸ਼ੇ ਵਜੋਂ ਇੱਕ ਕਿਸਾਨ ਹੋਣ ਦੇ ਨਾਤੇ ਮੈਂ ਕਾਮਨਾ ਕਰਦਾ ਹਾਂ ਕਿ ਗੁਰੂ ਕੇ ਲਾਲ ਸਿਰਦਾਰ ਦੇ ਕਹੇ ਮੁਤਾਬਕ ਸਿੱਖੀ ਦੇ ਬੀਜ ਨੂੰ ਸੰਭਾਲ ਕੇ ਰੱਖਣ ਤੇ ਢੁਕਵਾਂ ਸਮਾਂ ਆਉਣ ‘ਤੇ ਏਸ ਵਿੱਚੋਂ ਭਰਪੂਰ ਫ਼ਸਲ ਹੋਵੇ; ਆਪ ਵੀ ਰੱਜ ਜਾਈਏ, ਇਹਨਾਂ ਖੇਤਾਂ ਉੱਤੇ ਨਿਰਭਰ ਪਸ਼ੂ-ਪੰਖੀ ਵੀ ਤ੍ਰਿਪਤ ਹੋਣ ਅਤੇ ਹਰ ਭੁੱਖੇ ਦੀ ਗੁਰ-ਸ਼ਬਦ ਨਾਲ ਭੁੱਖ ਦੂਰ ਹੋਵੇ, ਜਗਿਆਸੂ ਸਰਸ਼ਾਰ ਹੋਣ। ਗੁਰੂ-ਪ੍ਰਮੇਸ਼ਰ ਦੀ ਹਰ ਸੁਖ ਪ੍ਰਦਾਨ ਕਰਨ ਵਾਲੀ ਝਲਕ ਪਾਉਣ।
 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.