ਕੈਟੇਗਰੀ

ਤੁਹਾਡੀ ਰਾਇ



ਜਗਤਾਰ ਸਿੰਘ ਲਾਂਬਾ
ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਬਿਕਰਮੀ ਕੈਲੰਡਰ ਵਿੱਚ ਤਬਦੀਲ ਕੀਤੇ ਜਾਣ ਦੇ ਆਸਾਰ
ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਬਿਕਰਮੀ ਕੈਲੰਡਰ ਵਿੱਚ ਤਬਦੀਲ ਕੀਤੇ ਜਾਣ ਦੇ ਆਸਾਰ
Page Visitors: 2493

ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਬਿਕਰਮੀ ਕੈਲੰਡਰ ਵਿੱਚ ਤਬਦੀਲ ਕੀਤੇ ਜਾਣ ਦੇ ਆਸਾਰ
*    ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕੀਤੇ ਜਾਣ ਦੀ ਮੰਗ ਜ਼ੋਰ ਫੜਨ ਲੱਗੀ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ,
ਸਿੱਖ ਕੌਮ ਵਿੱਚ ਵਿਵਾਦ ਅਤੇ ਵੰਡ ਦਾ ਵਿਸ਼ਾ ਬਣੇ ਮੌਜੂਦਾ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਪੂਰੀ ਤਰ੍ਹਾਂ ਬਿਕਰਮੀ ਕੈਲੰਡਰ ਵਿੱਚ ਤਬਦੀਲ ਕੀਤੇ ਜਾਣ ਦੀ ਸੰਭਾਵਨਾ ਹੈ।
ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਦਾ ਵਿਰੋਧ ਭਾਵੇਂ ਪਿਛਲੇ ਚਾਰ ਸਾਲਾਂ ਤੋਂ ਨਿਰੰਤਰ ਜਾਰੀ ਹੈ ਪਰ ਇਸ ਵਾਰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਮਾਮਲੇ ‘ਤੇ ਵਧੇਰੇ ਵਿਵਾਦ ਉਪਜਿਆ ਹੈ। ਇਸ ਵਾਰ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ  ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਇੱਕੋ ਦਿਨ 28 ਦਸੰਬਰ ਨੂੰ ਆ ਗਏ ਹਨ। ਪੰਜ ਸਿੰਘ ਸਾਹਿਬਾਨ ਵੱਲੋਂ ਪ੍ਰਕਾਸ਼ ਪੁਰਬ ਦੀ ਤਰੀਕ 7 ਜਨਵਰੀ ਵਿੱਚ ਤਬਦੀਲ ਕਰ ਦਿੱਤੀ ਗਈ ਸੀ ਪਰ ਦੋ ਤਖ਼ਤਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਨੂੰ ਮੁੜ 28 ਦਸੰਬਰ ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਕਾਰਨ ਸਿੰਘ ਸਾਹਿਬਾਨ ਨੂੰ ਗੁਰਪੁਰਬ ਦੀ ਇਹ ਤਰੀਕ ਮੁੜ 28 ਦਸੰਬਰ ਕਰਨ ਲਈ ਮਜਬੂਰ ਹੋਣਾ ਪਿਆ। ਵਾਰ ਵਾਰ ਤਰੀਕਾਂ ਬਦਲਣ ਅਤੇ ਪਹਿਲਾਂ ਫੈਸਲਾ ਲੈਣ ਤੇ ਫਿਰ ਰੱਦ ਕਰਨ ਕਰਕੇ ਸਿੰਘ ਸਾਹਿਬਾਨ ਦੀ ਸਥਿਤੀ ਵੀ ਹਾਸੋਹੀਣੀ ਬਣੀ। ਇਸ ਮਾਮਲੇ ‘ਤੇ ਸਿੱਖ ਪੰਥ ਵਿੱਚ ਸੋਧੇ ਹੋਏ ਕੈਲੰਡਰ ਵਿੱਚ ਮੁੜ ਸੋਧ ਕਰਨ ਦੀ ਮੰਗ ਨੇ ਵੀ ਜ਼ੋਰ ਫੜਿਆ ਹੈ। ਸਿੱਖ ਪੰਥ ਦੀ ਵੱਡੀ ਧਿਰ ਦੀ ਮੰਗ ਹੈ ਕਿ ਇਸਦੀ ਥਾਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕੀਤਾ ਜਾਵੇ ਤੇ ਜੇਕਰ ਉਸ ਵਿੱਚ ਕੋਈ ਸੋਧ ਦੀ ਲੋੜ ਹੈ ਤਾਂ ਕੀਤੀ ਜਾਵੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਲਈ ਪਹਿਲ ਕਦਮੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਕਈ ਸਿੱਖ ਆਗੂਆਂ ਕੋਲੋਂ ਇਸ ਸਬੰਧੀ ਵਿਚਾਰ ਵੀ ਲਏ ਗਏ ਹਨ। ਇਸ ਮਾਮਲੇ ਵਿੱਚ ਦਿੱਲੀ ਵਿਖੇ ਨਾਨਕਸਰ ਸੰਪਰਦਾ ਦੇ ਆਗੂਆਂ ਨਾਲ ਵੀ ਗੱਲਬਾਤ ਹੋਈ ਹੈ ਅਤੇ ਪਿਛਲੇ ਦਿਨੀਂ ਦੋ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਨਾਲ ਵੀ ਇਸ ਸਬੰਧੀ ਮੀਟਿੰਗ ਹੋਈ ਹੈ।
ਇਸੇ ਤਰ੍ਹਾਂ ਵਿਦੇਸ਼ ਗਏ ਦਮਦਮੀ ਟਕਸਾਲ ਦੇ ਮੁਖੀ ਨਾਲ ਵੀ ਰਾਬਤਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਕੈਲੰਡਰ ਵਿਵਾਦ ਨੂੰ ਸਦਾ ਲਈ ਹੱਲ ਕਰਨ ਦੇ ਹੱਕ ਵਿੱਚ ਹੈ ਅਤੇ ਬਿਕਰਮੀ ਕੈਲੰਡਰ ਨੂੰ ਲਾਗੂ ਕਰਨ ਨੂੰ ਤਰਜੀਹ ਦੇ ਰਿਹਾ ਹੈ ਕਿਉਂਕਿ ਨਾਨਕਸ਼ਾਹੀ ਕੈਲੰਡਰ  ਲਾਗੂ ਹੋਣ ਤੋਂ ਪਹਿਲਾਂ ਇਹ ਬਿਕਰਮੀ ਕੈਲੰਡਰ ਸਮੁੱਚੀ ਕੌਮ ਵਿੱਚ ਪ੍ਰਵਾਨ ਸੀ।
ਇਸ ਵੇਲੇ ਸਿੱਖ ਕੌਮ ਦਾ ਇੱਕ ਹਿੱਸਾ ਇਹ ਵੀ ਦਬਾਅ ਪਾ ਰਿਹਾ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕੀਤਾ ਜਾਵੇ ਕਿਉਂਕਿ ਇਹ ਸਿੱਖ ਕੌਮ ਦੀ ਵੱਖਰੀ ਤੇ ਅੱਡਰੀ ਪਛਾਣ ਦਾ ਪ੍ਰਤੀਕ ਹੈ। ਇਹ ਕੈਲੰਡਰ 2003 ਵਿੱਚ ਲਾਗੂ ਕੀਤਾ ਗਿਆ ਸੀ। ਉਸ ਵੇਲੇ ਇਸ ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਬੰਦੀ ਛੋੜ ਦਿਵਸ (ਦੀਵਾਲੀ) ਅਤੇ ਹੋਲੇ ਮਹੱਲੇ ਨੂੰ ਛੱਡ ਕੇ ਬਾਕੀ ਸਾਰੇ ਗੁਰਪੁਰਬ ਅਤੇ ਦਿਨ ਤਿਉਹਾਰਾਂ ਦੀਆਂ ਤਰੀਕਾਂ ਨਿਰਧਾਰਤ ਕਰ ਦਿੱਤੀਆਂ ਗਈਆਂ ਸਨ। ਇਹ ਮੂਲ ਨਾਨਕਸ਼ਾਹੀ ਕੈਲੰਡਰ ਸੂਰਜ ਚਾਲ ‘ਤੇ ਆਧਾਰਿਤ ਸੀ। ਇਸ ਕੈਲੰਡਰ ਦੇ ਲਾਗੂ ਹੋਣ ‘ਤੇ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਮੇਤ ਸੰਤ ਸਮਾਜ ਵੱਲੋਂ ਵਿਰੋਧ ਕੀਤਾ ਗਿਆ ਸੀ। ਇਨ੍ਹਾਂ ਸਿੱਖ ਧਿਰਾਂ ਨੇ ਨਾਨਕਸ਼ਾਹੀ ਕੈਲੰਡਰ ਨੂੰ ਪ੍ਰਵਾਨ ਨਹੀਂ ਕੀਤਾ ਸੀ, ਜਿਸ ਕਾਰਨ ਗੁਰਪੁਰਬ ਕਈ ਵਾਰ ਪੰਜਾਬ ਅਤੇ ਬਾਹਰ ਤਖ਼ਤਾਂ ਤੇ ਵੱਖ ਵੱਖ ਤਰੀਕਾਂ ‘ਤੇ ਵੀ ਮਨਾਏ ਗਏ ਸਨ। ਇਸ ਵਿਵਾਦ ਨੂੰ ਹੱਲ ਕਰਨ ਲਈ 2010 ਵਿੱਚ ਸੋਧਿਆ ਹੋਇਆ ਨਾਨਕਸ਼ਾਹੀ ਕੈਲੰਡਰ ਲਾਗੂ ਕੀਤਾ ਗਿਆ ਸੀ ਪਰ ਸੋਧੇ ਹੋਏ ਕੈਲੰਡਰ ਨੂੰ ਬਿਕਰਮੀ ਅਤੇ ਨਾਨਕਸ਼ਾਹੀ ਕੈਲੰਡਰ ਦਾ ਮਿਲਗੋਭਾ ਰੂਪ ਦੇ ਦਿੱਤਾ ਗਿਆ ਸੀ, ਜਿਸ ਵਿੱਚ ਵਧੇਰੇ ਗੁਰਪੁਰਬ ਬਿਕਰਮੀ ਕੈਲੰਡਰ ਅਨੁਸਾਰ ਆਉਂਦੇ ਹਨ। ਇਸ ਮਿਲਗੋਭਾ ਕੈਲੰਡਰ ਦਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਮੇਤ ਅੰਤ੍ਰਿੰਗ ਕਮੇਟੀ ਮੈਂਬਰਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਸੋਧਿਆ ਹੋਇਆ ਨਾਨਕਸ਼ਾਹੀ ਕੈਲੰਡਰ ਵੀ ਸਮੁੱਚੀ ਸਿੱਖ ਕੌਮ ਵਿੱਚ ਪ੍ਰਵਾਨ ਨਹੀਂ ਹੋ ਸਕਿਆ ਸੀ। ਇਸ ਕੈਲੰਡਰ ਨੇ ਸਿੱਖ ਕੌਮ ਨੂੰ ਹੋਰ ਵੀ ਡੂੰਘਾਈ ਨਾਲ ਵੰਡ ਦਿੱਤਾ ਸੀ। ਪਿਛਲੇ ਚਾਰ ਸਾਲਾਂ ਤੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਕਾਰਨ ਗੁਰੂ ਅਰਜਨ ਦੇਵ ਦੇ ਸ਼ਹੀਦੀ ਗੁਰਪੁਰਬ ਮੌਕੇ ਕਈ ਵਾਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਹੀਂ ਜਾ ਸਕਿਆ ਹੈ ਕਿਉਂਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਦਾ ਵਿਰੋਧ ਕਰ ਰਹੀ ਹੈ ਅਤੇ ਉਸ ਵੱਲੋਂ ਇਹ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਜਾਂਦਾ ਹੈ। ਗਰਮ-ਖਿਆਲੀ ਸਿੱਖ ਧਿਰਾਂ ਵੀ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਦਾ ਵਿਰੋਧ ਕਰ ਰਹੀਆਂ ਹਨ ਪਰ ਇਹ ਸਾਰੀਆਂ ਧਿਰਾਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨ ਦੇ ਹੱਕ ਵਿੱਚ ਹਨ।

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.