ਗੁਰਬਾਣੀ ਦੀ ਸਰਲ ਵਿਆਖਿਆ ਭਾਗ (400)
ਕਤਿiਕ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥
ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥
ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥
ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥
ਵਿਚ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥
ਕੀਤਾ ਕਿਛੂ ਨ ਹੋਵਈ ਲਿiਖਆ ਧੁਰਿ ਸੰਜੋਗ ॥
ਵਡਭਾਗੀ ਮੇਰਾ ਪ੍ਰਭ ਮਿਲੈ ਤਾਂ ਉਤਰਹਿ ਸਭਿ ਬਿਓਗ ॥
ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥
ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥9॥
ਕੱਤਕ ਦੀ ਸੁਹਾਵਣੀ ਰੁੱਤ ਵਿਚ ਵੀ ਜੇ ਪ੍ਰਭੂ-ਪਤੀ ਨਾਲ ਵਿਛੋੜਾ ਰਿਹਾ ਤਾਂ ਇਹ ਆਪਣੇ ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ਼ ਨਹੀਂ ਲਾਇਆ ਜਾ ਸਕਦਾ।
ਪਰਮਾਤਮਾ ਦੀ ਯਾਦ ਤੋਂ ਖੁੰਝਿਆਂ, ਦੁਨੀਆ ਦੇ ਸਾਰੇ ਦੁੱਖ-ਕਲੇਸ਼ ਜੋਰ ਪਾ ਲੈਂਦੇ ਹਨ।
ਜਿਨ੍ਹਾਂ ਨੇ ਇਸ ਜਨਮ ਵਿਚ ਪਰਮਾਤਮਾ ਦੀ ਯਾਦ ਵਲੋਂ ਮੂੰਹ ਮੋੜੀ ਰੱਖਿਆ, ਉਨ੍ਹਾਂ ਨੂੰ ਫਿਰ ਲੰਮੇ ਵਿਛੋੜੇ ਪੈ ਜਾਂਦੇ ਹਨ, ਮਾਇਆ ਦੀਆਂ ਜਿਹੜੀਆਂ ਮੌਜਾਂ ਦੀ ਖਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਵੀ ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ,
ਉਸ ਦੁੱਖੀ ਹਾਲਤ ਵਿਚ ਕਿਸੇ ਕੋਲ ਵੀ ਨਿੱਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, ਕਿਉਂਕਿ ਦੁਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ।
ਦੁਖੀ ਜੀਵ ਦੀ ਆਪਣੀ ਕੋਈ ਪੇਸ਼ ਨਹੀਂ ਜਾਂਦੀ, ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਹੀ ਲਿਖੇ ਲੇਖਾਂ ਦੀ ਵਿੱਧ ਆ ਬਣਦੀ ਹੈ। ਹਾਂ, ਜੇ ਚੰਗੇ ਭਾਗਾਂ ਨੂੰ ਪ੍ਰਭੂ ਆਪ ਆ ਮਿਲੇ ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।
ਨਾਨਕ ਦੀ ਤਾਂ ਇਹੀ ਬੇਨਤੀ ਹੈ, ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ, ਨਾਨਕ ਨੂੰ ਮਾਇਆ ਦੇ ਮੋਹ ਤੋਂ ਬਚਾ ਲੈ।
ਕੱਤਕ ਦੀ ਸੁਆਦਲੀ ਰੁੱਤ ਵਿਚ ਜਿਨ੍ਹਾਂ ਨੂੰ ਸਾਧ-ਸੰਗਤ ਮਿਲ ਜਾਏ, ਉਨ੍ਹਾਂ ਦੇ ਵਿਛੋੜੇ ਵਾਲੇ ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ।9।
ਚੰਦੀ ਅਮਰ ਜੀਤ ਸਿੰਘ (ਚਲਦਾ)